ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਖੁਰਦਪੁਰ ਦਾ ਸ਼ਹੀਦੀ ਦਿਹਾੜਾ ਮਨਾਇਆ

ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਖੁਰਦਪੁਰ

ਸਰੀ, 8 ਅਪ੍ਰੈਲ (ਹਰਦਮ ਮਾਨ)- ਬੀਤੇ ਦਿਨ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਵਿਖੇ ਸ਼ਹੀਦ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ 'ਤੇ ਖੁਰਦਪੁਰ ਨਗਰ ਨਿਵਾਸੀਆਂ ਦੇ ਸੱਦੇ 'ਤੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਚਿੰਤਕ ਅਤੇ ਮੀਡੀਆ ਸ਼ਖਸ਼ੀਅਤ ਡਾ. ਗੁਰਵਿੰਦਰ ਸਿੰਘ ਨੇ ਵਿਚਾਰ ਸਾਂਝੇ ਕੀਤੇ।

ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਨਸਲਵਾਦ ਅਤੇ ਬਸਤੀਵਾਦ ਦੇ ਖਾਤਮੇ ਅਤੇ ਮਨੁੱਖੀ ਅਧਿਕਾਰਾਂ ਦੀ ਆਜ਼ਾਦੀ ਦੇ ਸ਼ਾਨਾਮੱਤੇ ਇਤਿਹਾਸ ਵਿਚ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦਾ ਵਿਸ਼ੇਸ਼ ਸਥਾਨ ਹੈ। ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਵੱਲੋਂ ਸ਼ਹੀਦ ਭਾਈ ਬਲਵੰਤ ਸਿੰਘ ਨੂੰ ਗ਼ਦਰ ਲਹਿਰ ਦੇ ਯੋਧਿਆਂ ਦੇ ‘ਤਾਰਾ ਮੰਡਲ ਦਾ ਚੰਦ’ ਕਹਿ ਕੇ ਸਤਿਕਾਰਿਆ ਗਿਆ ਹੈ। ਭਾਈ ਬਲਵੰਤ ਸਿੰਘ ਨੇ ਜਿੱਥੇ ਕੈਨੇਡਾ ਵਿਚ ਨਸਲਵਾਦ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕੀਤਾ, ਉਥੇ ਭਾਰਤ ਜਾ ਕੇ ਬਸਤੀਵਾਦ ਨੂੰ ਜੜ੍ਹੋਂ ਪੁੱਟਣ ਲਈ, ਸ਼ਹੀਦੀ ਪਾਉਂਦਿਆਂ ਸੁਨਹਿਰੀ ਇਤਿਹਾਸ ਰਚਿਆ। ਅੰਗਰੇਜ਼ਾਂ ਦੇ ਗੁਲਾਮ ਭਾਰਤ ਦੇ ਮੁਖੀ ਵਾਇਸਰਾਏ ਲਾਰਡ ਹਾਰਡਿੰਗ ਅੱਗੇ ਛਾਤੀ ਤਾਣ ਕੇ ਗੱਲਬਾਤ ਕਰਨ ਵਾਲਾ ਸ਼ਖਸ ਕੈਨੇਡਾ ਦੇ ਪਹਿਲੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਦਾ ਪਹਿਲਾ ਗ੍ਰੰਥੀ ਸਿੰਘ ਸੀ। ਸ਼ਹੀਦ ਬਲਵੰਤ ਸਿੰਘ ਖੁਰਦਪੁਰ ਦੀ ਸਾਰੀ ਜ਼ਿੰਦਗੀ ਸੰਘਰਸ਼ ਭਰਪੂਰ ਰਹੀ। ਉਨ੍ਹਾਂ 1908 ਵਿੱਚ ਕੈਨੇਡਾ ਦੀ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤੀਆਂ ਨੂੰ ਇੱਥੋਂ ਕੱਢ ਕੇ ਹਾਂਡੂਰਾਸ ਭੇਜਣ ਦੀ ਸਾਜ਼ਿਸ਼ ਖ਼ਿਲਾਫ਼ ਸੰਘਰਸ਼ ਕੀਤਾ ਅਤੇ ਪ੍ਰਿੰਸੀਪਲ ਸੰਤ ਤੇਜਾ ਸਿੰਘ ਨਾਲ ਮਿਲ ਕੇ ਇਸ ਸਾਜ਼ਿਸ਼ ਨੂੰ ਨਾਕਾਮ ਕੀਤਾ। ਅੱਜ ਜੇਕਰ ਭਾਰਤੀ ਇੰਮੀਗ੍ਰੈਂਟ ਕੈਨੇਡਾ ਵਿੱਚ ਵਸੇ ਹੋਏ ਹਨ, ਤਾਂ ਇਹ ਭਾਈ ਬਲਵੰਤ ਸਿੰਘ ਦੀ ਦੇਣ ਹੈ।  

ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਡਾ. ਗੁਰਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸਮਾਗਮ ਦਾ ਸੰਚਾਲਨ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਬਲਜਿੰਦਰ ਸਿੰਘ ਖਹਿਰਾ ਨੇ ਕੀਤਾ।

ਹਰਦਮ ਮਾਨ
ਬੀ.ਸੀ., ਕੈਨੇਡਾ

Previous Post Next Post

نموذج الاتصال