ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 14 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, 83.94 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦੇ ਉਦਘਾਟਨ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਕ੍ਰਾਂਤੀ ਲਿਆਂਦੀ : ਬਲਕਾਰ ਸਿੰਘ

ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤੈ : ਇੰਦਰਜੀਤ ਕੌਰ ਮਾਨ

ਜਲੰਧਰ, 22 ਅਪ੍ਰੈਲ : ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮੰਗਲਵਾਰ ਨੂੰ ਜ਼ਿਲ੍ਹੇ ਦੇ ਹੋਰ 14 ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਵਿੱਚ 83.94 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ 45.66 ਲੱਖ, ਕਰਤਾਰਪੁਰ ਵਿਖੇ 19.27 ਲੱਖ ਅਤੇ ਹਲਕਾ ਨਕੋਦਰ ਦੇ ਸਰਕਾਰੀ ਸਕੂਲਾਂ ਦੇ 19.01 ਲੱਖ ਰੁਪਏ ਦੇ ਵਿਕਾਸ ਕਾਰਜ ਸ਼ਾਮਲ ਹਨ।

ਵਿਧਾਇਕ ਬਲਕਾਰ ਸਿੰਘ ਵੱਲੋਂ ਹਲਕਾ ਕਰਤਾਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਰਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਇਬਰਾਹਿਮ ਖਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚਮਿਆਰਾ ਵਿਖੇ 19.27 ਲੱਖ ਤੋਂ ਵੱਧ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਜੂਹਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਧਾਲੀਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੰਡੌਰੀ ਰਾਜਪੂਤਾਂ ਵਿਖੇ 19.01 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।

ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਆਧੁਨਿਕ ਕਲਾਸਰੂਮ, ਚਾਰਦਿਵਾਰੀਆਂ ਤੋਂ ਇਲਾਵਾ ਲੋੜੀਂਦੀ ਮੁਰੰਮਤ ਦੇ ਕੰਮ ਸ਼ਾਮਲ ਹਨ।

ਵਿਧਾਇਕ ਬਲਕਾਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਵਿਖੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਉੱਤਮ ਦਰਜੇ ਦਾ ਬਣਾਉਣ ਲਈ ਜਿਥੇ ਵਿੱਦਿਅਕ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲਾਂ ਨੂੰ ਪ੍ਰਾਜੈਕਟਰ, ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਡਿਜੀਟਲ ਤਕਨੀਕ ਸਮੇਤ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੱਖੋਂ ਕਿਸੇ ਨਾਲੋਂ ਘੱਟ ਨਹੀਂ ਹਨ।

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਧਾਲੀਵਾਲ ਵਿਖੇ ਉਦਘਾਟਨੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਪ੍ਰਬੰਧਨ ਅਤੇ ਬੁਨਿਆਦੀ ਢਾਂਚੇ ’ਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਚਾਰਦਿਵਾਰੀਆਂ, ਸਾਇੰਸ ਲੈਬਜ਼ ਸਮੇਤ ਵਿੱਦਿਅਕ ਬੁਨਿਆਦੀ ਢਾਂਚੇ ਦੇ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵਿਕਾਸ ਰਾਹੀਂ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਅਤੇ ਮਾਪੇ ਅੱਜ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ।

Previous Post Next Post

نموذج الاتصال