ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਯੂਪੀ ਵਿਖੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨਾਲ ਇਕੱਤਰਤਾਵਾਂ


ਅੰਮ੍ਰਿਤਸਰ, 26 ਜੂਨ- (The Hind Canadian Times) : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ (ਅਲਾਹਾਬਾਦ), ਕਾਨ੍ਹਪੁਰ, ਉਨਾਵ ਅਤੇ ਲਖਨਊ ਵਿਖੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਇਕੱਤਰਤਾਵਾਂ ਕਰਕੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਉੱਤਰ ਪ੍ਰਦੇਸ਼ ਗਏ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ’ਚ ਮਨਾਈ ਜਾ ਰਹੀ ਹੈ। ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣਾ ਹੈ। ਇਸ ਸਬੰਧ ਵਿਚ ਯੂਪੀ ਦੇ ਵੱਖ-ਵੱਖ ਸ਼ਹਿਰਾਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਇਕੱਤਰਤਾਵਾਂ ਕੀਤੀਆਂ ਗਈਆਂ, ਜਿਨ੍ਹਾਂ ਨਗਰ ਕੀਰਤਨ ਦੌਰਾਨ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਭਾਈ ਅਭਿਆਸੀ ਨੇ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਲਈ ਯੂਪੀ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਨ੍ਹਾਂ ਇਕੱਤਰਤਾਵਾਂ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਨ੍ਹਪੁਰ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਲਾਰਡ, ਸਿੰਘ ਸਭਾ ਸੁਸਾਇਟੀ ਦੇ ਪ੍ਰਧਾਨ ਸ. ਕੁਲਦੀਪ ਸਿੰਘ, ਗੁਰਦੁਆਰਾ ਕੀਰਤਨਗੜ੍ਹ ਗੁਮਟੀ ਦੇ ਪ੍ਰਧਾਨ ਸ. ਹਰਜੀਤ ਸਿੰਘ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਯਾਗਰਾਜ (ਅਲਾਹਾਬਾਦ) ਦੇ ਪ੍ਰਧਾਨ ਸ. ਹਰਜਿੰਦਰ ਸਿੰਘ, ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਪ੍ਰਚਾਰਕ ਭਾਈ ਜਗਜੀਤ ਸਿੰਘ, ਭਾਈ ਵਰਿੰਦਰਪਾਲ ਸਿੰਘ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Previous Post Next Post

نموذج الاتصال