ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸੁਹਿਰਦ ਯਤਨ- ਡਿਪਟੀ ਕਮਿਸ਼ਨਰ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਸਹੁੰ



ਜਲੰਧਰ, 26 ਜੂਨ: (The Hind Canadian Times) :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ’ਤੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੀ ਮੌਜੂਦ ਸਨ।

                              ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ/ਪ੍ਰੋਗਰਾਮਾਂ ਰਾਹੀਂ ਸਮਾਜ ਵਿੱਚ ਨਸ਼ਿਆਂ ਖਿਲਾਫ਼ ਮਜ਼ਬੂਤ ਸੁਨੇਹਾ ਦਿੱਤਾ ਜਾ ਰਿਹਾ ਹੈ।

                              ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਸਾਰੇ ਸਬੰਧਿਤ ਵਿਭਾਗਾਂ ਨਾਲ ਮਿਲਕੇ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਉਹਨਾਂ ਦਾ ਉਜੱਵਲ ਭਵਿੱਖ ਬਣਾਇਆ ਜਾ ਸਕੇ।

                              ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਮੌਜੂਦ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਵਲੋਂ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰਦਿਆਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾਵੇਗਾ।

Previous Post Next Post

نموذج الاتصال