ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ


ਅੰਮ੍ਰਿਤਸਰ, 6 ਸਤੰਬਰ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨਾਲ ਗੁਰ-ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਤੋਂ ਆਰੰਭ ਹੋ ਕੇ ਸਾਹਗੜ, ਪੀਲੀਭੀਤ, ਮਝੋਲਾ, ਖਟੀਮਾ, ਝਨਕਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਸਥਾਨਕ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ।

ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਰੁਕੇਗਾ, ਜਿਥੋਂ 7 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ. ਜਗਜੀਤ ਸਿੰਘ, ਸ. ਬਲਬੀਰ ਸਿੰਘ, ਡਾ. ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Previous Post Next Post

نموذج الاتصال