ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੋ ਦਿਨ ਦੇ ਪੜਾਅ ਮਗਰੋਂ ਔਰੰਗਾਬਾਦ ਲਈ ਰਵਾਨਾ

ਤਖ਼ਤ ਸਾਹਿਬਾਨ ਦੀ ਰਹਿਨੁਮਾਈ ’ਚ ਰਹਿ ਕੇ ਹੀ ਕੌਮ ਦੀ ਸ਼ਕਤੀ ਪ੍ਰਬਲ ਹੁੰਦੀ ਹੈ- ਐਡਵੋਕੇਟ ਧਾਮੀ

ਜਥੇਦਾਰ ਕੁਲਵੰਤ ਸਿੰਘ ਨੇ ਤਖ਼ਤ ਸਾਹਿਬ ਦੀ ਰਵਾਇਤ ਅਨੁਸਾਰ ਐਡਵੋਕੇਟ ਧਾਮੀ, ਜਥੇਦਾਰ ਟੇਕ ਸਿੰਘ ਤੇ ਗਿਆਨੀ ਪਲਵਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 7 ਅਕਤੂਬਰ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਸਾਹਿਬ ਵਿਖੇ ਦੋ ਦਿਨਾਂ ਪੜਾਅ ਮਗਰੋਂ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਅੱਜ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਔਰੰਗਾਬਾਦ ਲਈ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਅਲੌਕਿਕ ਦ੍ਰਿਸ਼ ਸਿਰਜ ਰਹੀ ਸੀ ਅਤੇ ਸਮੁੱਚਾ ਸ਼ਹਿਰ ਖ਼ਾਲਸਾਈ ਰੰਗਤ ਵਿਚ ਰੰਗਿਆ ਹੋਇਆ ਸੀ।

ਇਸੇ ਦੌਰਾਨ ਬੀਤੀ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ’ਚ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਤਖ਼ਤ ਸਾਹਿਬ ਦੀ ਪ੍ਰੰਪਰਾ ਅਤੇ ਪੁਰਾਤਨ ਰਵਾਇਤ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਲੰਗਰ ਸਾਹਿਬ ਵਿਖੇ ਵੀ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸਾਹਿਬਾਨ ਦਾ ਸਿੱਖ ਦੇ ਜੀਵਨ ਵਿਚ ਵੱਡਾ ਮਹੱਤਵ ਹੈ ਅਤੇ ਤਖ਼ਤਾਂ ਦੀ ਰਹਿਨੁਮਾਈ ਹੇਠ ਹੀ ਕੌਮ ਦੀ ਸ਼ਕਤੀ ਪ੍ਰਬਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸਾਹਿਬ ’ਤੇ ਸਮਾਗਮ ਕਰਕੇ ਨਗਰ ਕੀਰਤਨ ਦੀ ਰਵਾਨਗੀ ਸੰਗਤਾਂ ਵਿਚ ਹੋਰ ਉਤਸ਼ਾਹ ਭਰੇਗੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਨਗਰ ਕੀਰਤਨ ਇਸ ਲਈ ਹੋਰ ਵੀ ਮਹੱਤਵ ਵਾਲਾ ਹੈ, ਕਿਉਂਕਿ ਇਹ ਪੰਜਾਂ ਤਖ਼ਤਾਂ ਦੀ ਯਾਤਰਾ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਸੰਪੂਰਨ ਹੋਵੇਗਾ। ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੰਗਤਾਂ ਲਈ ਤਖਤ ਸਾਹਿਬ ਵਿਖੇ ਕੀਤੇ ਪ੍ਰਬੰਧਾਂ ਅਤੇ ਮਾਨ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।

ਸਮਾਗਮ ਦੌਰਾਨ ਜਿਥੇ ਹਜੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਵੰਤ ਸਿੰਘ ਅਤੇ ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰਾਂ ਕੀਤੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ। ਮੁਲਕਾਤ ਦੌਰਾਨ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਵੱਡੇ ਅਰਥ ਰੱਖਦੀ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ ਕੌਮੀ ਇੱਕਜੁਟਤਾ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਜਿਥੇ ਆਪ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਹਾਮੀ ਭਰੀ, ਉਥੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।

ਇਸ ਮੌਕੇ ਤਖਤ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਜਸਮੇਰ ਸਿੰਘ ਲਾਛੜੂ, ਜਥੇਦਾਰ ਕੌਰ ਸਿੰਘ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਬਾਬਾ ਬਲਦੇਵ ਸਿੰਘ ਸ਼ਹੀਦੀ ਬਾਗ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਦਿਆਲ ਸਿੰਘ, ਤਖ਼ਤ ਸਾਹਿਬ ਦੇ ਸੁਪ੍ਰਿੰਟੈਂਡੈਂਟ ਸ. ਗੁਰਬਚਨ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਸ. ਰਣਜੀਤ ਸਿੰਘ ਜਲੰਧਰ, ਸ. ਜਸਬੀਰ ਸਿੰਘ ਘੁੰਮਣ, ਸ. ਸਤਿੰਦਰ ਸਿੰਘ, ਸ. ਅਰਜਨ ਸਿੰਘ, ਸ. ਗੁਰਮੀਤ ਸਿੰਘ, ਸ. ਗੁਰਮੇਜ ਸਿੰਘ ਸਰਪੰਚ ਸਮੇਤ ਸੰਗਤਾਂ ਹਾਜ਼ਰ ਸਨ।

Previous Post Next Post

نموذج الاتصال