ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਦਿੱਤਾ ਸੱਦਾ
ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ : ਪਵਨ ਕੁਮਾਰ ਟੀਨੂੰ
![]() |
ਖਜ਼ਾਨਾ ਮੰਤਰੀ ਹਰਪਾਲ ਚੀਮਾ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਂਦੇ ਹੋਏ |
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ਵਿੱਚ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਤਜਵੀਜ਼ ਬਣਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਲਈ ਕੇਂਦਰ ਦੀ ਸਥਾਪਨਾ ਲਈ ਅੱਜ ਸੇਲ ਡੀਡ ਵੀ ਸਾਈਨ ਕੀਤੀ ਗਈ ਹੈ।
ਸ਼੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ’ਤੇ ਚੱਲ ਕੇ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਰੂਪ-ਰੇਖਾ ਉਲੀਕੀ ਗਈ ਹੈ ਅਤੇ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸਿੱਖਿਆਵਾਂ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
ਇਸ ਮੌਕੇ ਹਲਕਾ ਵਿਧਾਇਕ ਆਦਮਪੁਰ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੂੰ ਬਨਾਰਸ ਲੈ ਕੇ ਜਾਣ ਲਈ ਡੇਰਾ ਸਚਖੰਡ ਬੱਲਾਂ ਵੱਲੋਂ ਕੀਤੀ ਜਾਣ ਵਾਲੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੂੰ ਉਨ੍ਹਾਂ ਦੇ ਅਸਥਾਨ ਤੱਕ ਲੈ ਕੇ ਜਾਣਾ ਆਪਣੇ-ਆਪ ਵਿੱਚ ਹੀ ਇਕ ਮਹਾਨ ਕਾਰਜ ਹੈ।

