ਲੋਕਤੰਤਰ ਦੀ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦਾ ਸੱਦਾ

16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ, ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਵੰਡੇ

ਵੋਟਰ ਜਾਗਰੂਕਤਾ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 15 ਅਧਿਕਾਰੀ/ਕਰਮਚਾਰੀ ਸਨਮਾਨਿਤ


ਜਲੰਧਰ, 25 ਜਨਵਰੀ  (The Hind Canadian Times) : ਲੋਕਤੰਤਰ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਸਮਝਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੋਚ ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਇਕ ਚੰਗੀ ਸਰਕਾਰ ਦੇ ਗਠਨ ਲਈ ਲੋਕਤੰਤਰੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਹੁਤ ਅਹਿਮੀਅਤ ਰੱਖਦੀ ਹੈ।  

ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ, ਜੋ ਸੰਵਿਧਾਨ ਨੇ ਦਿੱਤਾ ਹੈ, ਇਸ ਲਈ ਹਰੇਕ ਨਾਗਰਿਕ ਨੂੰ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਹੋਣ ਅਤੇ ਚੋਣਾਂ ਦੌਰਾਨ ਇਸ ਦਾ ਸਹੀ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯੋਗ ਨੌਜਵਾਨਾਂ ਦੀ ਵੋਟ ਨਹੀਂ ਬਣੀ, ਉਹ ਵੋਟ ਜ਼ਰੂਰੀ ਬਣਵਾਉਣ ਅਤੇ ਹੋਰਨਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ।

ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦਾ ਸੰਦੇਸ਼ ਵੀ ਸੁਣਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡਾਂ ਦੀ ਵੰਡ ਕੀਤੀ ਗਈ। ਉਪਰੰਤ ਵੋਟਰ ਜਾਗਰੂਕਤਾ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 15 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਜਿਥੇ ਨੁੱਕੜ ਨਾਟਕ ‘ਮਾਈ ਇੰਡੀਆ, ਮਾਈ ਵੋਟ’ ਪੇਸ਼ ਕਰਕੇ ਨੈਤਿਕ ਵੋਟਿੰਗ ਦਾ ਸੁਨੇਹਾ ਦਿੱਤਾ ਗਿਆ ਉਥੇ ਚਾਨਣ ਐਨ.ਜੀ.ਓ. ਦੇ ਵਿਸ਼ੇਸ਼ ਬੱਚਿਆਂ ਵੱਲੋਂ ਡਾਂਸ ਰਾਹੀਂ ਅਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਵੋਟ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ।

ਵਿਦਿਆਰਥਣ ਸਿਮਰਨਜੀਤ ਕੌਰ ਅਤੇ ਜਾਨਵੀ ਨੇ ਆਪਣੇ ਭਾਸ਼ਣਾਂ ਰਾਹੀਂ ਵੋਟ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਦੌਰਾਨ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਭੇਦਭਾਵ ਦੇ ਨਿਡਰ ਹੋ ਕੇ ਕਰਨ ਦੀ ਸਹੁੰ ਵੀ ਚੁਕਾਈ ਗਈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਸ਼ੋਕ ਸਹੋਤਾ ਅਤੇ ਸਵੀਪ ਆਈਕਨ ਵਿਵੇਕ ਜੋਸ਼ੀ ਵੱਲੋਂ ਵੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਪਤਵੰਤਿਆਂ ਦਾ ਕਾਲਜ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਸ਼ਖਸੀਅਤਾਂ ਦਾ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਗੁਰਵਿੰਦਰਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

Previous Post Next Post

نموذج الاتصال