ਗਣਤੰਤਰ ਦਿਵਸ ਮੌਕੇ ਜਲੰਧਰ 'ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਕੌਮੀ ਝੰਡਾ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਰਿਹਰਸਲ ਦਾ ਜਾਇਜ਼ਾ


ਜਲੰਧਰ, 20 ਜਨਵਰੀ (The Hind Canadian Times) : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। 

ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਅੱਜ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਭਾਗ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੀ ਮੌਜੂਦ ਸਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮਹੱਤਵਪੂਰਣ ਦਿਹਾੜਾ ਪੂਰੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਮਾਰਚ ਪਾਸਟ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਵੇਗਾ। 

ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਮੌਜੂਦ ਸਨ।

Previous Post Next Post

نموذج الاتصال