ਔਰਤਾਂ ਲਈ ਪ੍ਰੇਰਨਾ ਸਰੋਤ ਬਣ ਕੇ ਉੱਭਰ ਰਹੀ ਭੁਪਿੰਦਰ ਕੌਰ
ਘਰੇਲੂ ਔਰਤਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨਾਲ ਜੁੜਨ ਦਾ ਦਿੱਤਾ ਸੱਦਾ
ਭੁਪਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿੰਡ ਰੁੜਕੀ ਦੀ ਰਹਿਣ ਵਾਲੀ ਹੈ ਅਤੇ ਸੋਹੰ ਅਜੀਵਿਕਾ ਸਵੈ ਸਹਾਇਤਾ ਸਮੂਹ ਦੀ ਮੈਂਬਰ ਹੈ। ਉਸ ਨੇ ਕਿਹਾ ਕਿ ਗਰੁੱਪ ਦੀ ਮੈਂਬਰ ਬਣਨ ਤੋਂ ਪਹਿਲਾਂ ਉਸਨੂੰ ਪਰਿਵਾਰ ਦੀ ਆਮਦਨ ’ਤੇ ਹੀ ਨਿਰਭਰ ਕਰਨਾ ਪੈਂਦਾ ਸੀ ਪਰ ਸਵੈ ਸਹਾਇਤਾ ਸਮੂਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਸ ਨੇ ਆਜੀਵਿਕਾ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਵੈ ਸਹਾਇਤਾ ਸਮੂਹ ਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਉਤਪਾਦਨ ਅਤੇ ਮਾਰਕੀਟਿੰਗ ਸਬੰਧੀ ਆਪਣਾ ਉੱਦਮ ਸ਼ੁਰੂ ਕਰਨ ਦਾ ਫੈਸਲਾ ਕੀਤਾ।
ਅੱਜ ਭੁਪਿੰਦਰ ਕੌਰ ਵੱਲੋਂ ਚੰਗੀ ਗੁਣਵੱਤਾ ਅਤੇ ਸਫਾਈ ਦੇ ਮਿਆਰਾਂ ਨੂੰ ਮੁੱਖ ਰੱਖਦਿਆਂ ਸ਼ੁੱਧ, ਕੁਦਰਤੀ ਸ਼ਹਿਦ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਸਵੈ-ਸਹਾਇਤਾ ਸਮੂਹ ਮੇਲਿਆਂ ਵਿੱਚ ਨਿਯਮਿਤ ਭਾਗੀਦਾਰੀ ਰਾਹੀਂ ਉਹ ਇੱਕ ਸਥਿਰ ਆਮਦਨ ਕਮਾਉਣ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਥਿਰਤਾ ਵਿੱਚ ਯੋਗਦਾਨ ਪਾਉਣ ਦੇ ਯੋਗ ਹੋਈ ਹੈ।
ਭੁਪਿੰਦਰ ਕੌਰ ਨੇ ਹੋਰਨਾਂ ਘਰੇਲੂ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਦੀਆਂ ਬਰੂਹਾਂ ਤੋਂ ਬਾਹਰ ਆ ਕੇ ਉੱਦਮੀ ਬਣਨ। ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨਾਲ ਜੁੜਨ ਦਾ ਸੱਦਾ ਦਿੰਦਿਆਂ ਉਸ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਮਹਿਲਾਵਾਂ ਵੀ ਘਰ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਵਿੱਚ ਅਹਿਮ ਯੋਗਦਾਨ ਪਾ ਸਕਦੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਕਿਹਾ ਕਿ ਰੈੱਡ ਕਰਾਸ ਭਵਨ ਵਿਖੇ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਮੇਲਾ ਭੁਪਿੰਦਰ ਕੌਰ ਵਰਗੀਆਂ ਘਰੇਲੂ ਮਹਿਲਾਵਾਂ ਦੇ ਹੁਨਰ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਵੱਲੋਂ ਤਿਆਰ ਸਾਮਾਨ ਨੂੰ ਵਿਕਰੀ ਲਈ ਲੋੜੀਂਦਾ ਮੰਚ ਪ੍ਰਦਾਨ ਕਰਨ ਦਾ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 29 ਜਨਵਰੀ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।
