ਧਰਮ ਦੇ ਨਾਂ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ : ਮੋਹਿੰਦਰ ਭਗਤ

- ਕਿਹਾ, ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸਬੰਧ ਨਹੀਂ

- ਭਾਜਪਾ ਦਾ ਐਂਟੀ ਪੰਜਾਬ ਏਜੰਡਾ ਕਿਸੇ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਦੀਪਕ ਬਾਲੀ

ਜਲੰਧਰ, 14 ਮਈ  (The Hind Canadian Times) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਵਿੱਚ ਇਕ ਧਾਰਮਿਕ ਸਮਾਗਮ ਦੇ ਮੁੱਦੇ ਨੂੰ ਸਿਆਸੀ ਰੰਗਤ ਦੇਣ ਦੀ ਕੋਝੀ ਹਰਕਤ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਧਰਮ ਦੇ ਨਾਂ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ।

ਇਥੇ ਸਰਕਟ ਹਾਊਸ ਵਿਖੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਹੋਰ ਸ਼ਖਸੀਅਤਾਂ ਸਮੇਤ ਪ੍ਰੈਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸਾਂਝੀਵਾਲਤਾ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ। 

ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਨੂੰ ਕਿਸੇ ਇਕ ਪਾਰਟੀ ਨਾਲ ਜੋੜਨਾ ਛੋਟੀ ਸੋਚ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਸਮਾਗਮ ਸਭ ਨੂੰ ਰਲ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸਨਾਤਨ ਦੇ ਨਾਂ ’ਤੇ ਹਲਕੀ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਾਰਪੀਡੋ ਕਰਨ ਲਈ ਭਾਜਪਾ ਐਂਟੀ ਪੰਜਾਬ ਏਜੰਡਾ ਚਲਾ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪੁਲਿਸ ਧਾਰਮਿਕ ਪ੍ਰੋਗਰਾਮ ਰੋਕਣ ਲਈ ਨਹੀਂ, ਸਗੋਂ ਦਸਤਾਵੇਜ਼ਾਂ ਵਿੱਚ ਕਮੀ-ਪੇਸ਼ੀ ਨੂੰ ਮੁਕੰਮਲ ਕਰਵਾਉਣ ਲਈ ਗਈ ਸੀ।   

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਮ ਦੇ ਨਾਂ ’ਤੇ ਪੰਜਾਬ ਨੂੰ ਵੰਡਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ। 

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਰਸ਼ੂਰਾਮ ਜਯੰਤੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਮਨਾਈ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿਖੇ ਪਹਿਲੀ ਵਾਰੀ ਨਵ ਸੰਮਤ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਸ਼੍ਰੀ ਰਾਮ ਤੀਰਥ ਵਿਖੇ ਕਰੀਬ 25 ਕਰੋੜ ਦੇ ਕਾਰਜ ਵੀ ਆਰੰਭੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸਾਈਂ ਦਾਸ ਸਕੂਲ ਜਲੰਧਰ ਦੀ ਗਰਾਊਂਡ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਨਾਤਨ ਦਾ ਸਮਾਗਮ ਹੈ, ਜਿਸ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ।  

ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਨੇ ਸਮਿਤੀ ਵੱਲੋਂ ਸਨਾਤਨ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਚਾਨਣਾ ਪਾਇਆ। ਉਨ੍ਹਾਂ ਧਰਮ ਦੇ ਨਾਂ ’ਤੇ ਸ਼ਹਿਰ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਦੀ ਨਿੰਦਾ ਵੀ ਕੀਤੀ।

ਇਸ ਮੌਕੇ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹਲੂਵਾਲੀਆ, ‘ਆਪ’ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਕੌਂਸਲਰ ਜਤਿਨ ਗੁਲਾਟੀ, ਪਾਲਾ ਜਲਾਲਪੁਰੀਆ ਤੋਂ ਇਲਾਵਾ ਕਸ਼ਟ ਨਿਵਾਰਣ ਬਾਲਾ ਜੀ ਮੰਦਰ ਸ਼ੇਖਾ ਬਾਜ਼ਾਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

Previous Post Next Post

نموذج الاتصال