ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ : ਵਿਧਾਇਕ ਬਲਕਾਰ ਸਿੰਘ
ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਸਰਬ ਸਾਂਝੀਵਾਲਤਾ, ਭਾਈਚਾਰੇ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਦਿੱਤਾ ਸੱਦਾ
ਪਿੰਡ ਬੁਲੰਦਪੁਰ ਤੇ ਰੰਧਾਵਾ ਮਸੰਦਾ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ ਗਿਆ ਹੈ।
ਸ਼੍ਰੀ ਬਲਕਾਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਵੈਨਾਂ ’ਤੇ ਐਲ.ਈ.ਡੀ. ਸਕਰੀਨਾਂ ਰਾਹੀਂ ਸੂਬੇ ਭਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਫ਼ਲਸਫੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਲਈ ਅਜਿਹੀਆਂ 3 ਵੈਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹਰੇਕ ਵੈਨ ਰਾਹੀਂ ਰੋਜ਼ਾਨਾ ਦੋ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਇਲਾਕੇ ਵਿੱਚ ਵੀ ਰੋਜ਼ਾਨਾ ਦੋ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਵਿਧਾਇਕ ਬਲਕਾਰ ਸਿੰਘ ਨੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਦਸਤਾਵੇਜ਼ੀ ਫਿਲਮ ਦੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਸਰਬ ਸਾਂਝੀਵਾਲਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।
ਇਸੇ ਤਰ੍ਹਾਂ ਸਬ ਡਵੀਜ਼ਨ ਨਕੋਦਰ ਦੇ ਪਿੰਡ ਭੋਡੀਪੁਰ, ਰਾਏਵਾਲ ਅਤੇ ਸਬ ਡਵੀਜ਼ਨ ਆਦਮਪੁਰ ਦੇ ਪਿੰਡ ਰਾਮਨਗਰ ਅਤੇ ਸੱਤੋਵਾਲੀ ਵਿਖੇ ਵੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ, ਜਿਸ ਵਿੱਚ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
