ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ

ਵੱਡੀ ਗਿਣਤੀ ਸੰਗਤ ਨੇ ਸ਼ਰਧਾ ਨਾਲ ਕੀਤੀ ਸ਼ਿਰਕਤ

ਆਧੁਨਿਕ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਕਰਵਾਇਆ ਜਾਣੂ

650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਵੱਡੇ ਪੱਧਰ ‘ਤੇ ਮਨਾ ਰਹੀ ਪੰਜਾਬ ਸਰਕਾਰ : ਇੰਦਰਜੀਤ ਕੌਰ


ਨਕੋਦਰ, 7 ਸਤੰਬਰ (The Hind canadian Times) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੋਮਵਾਰ ਸ਼ਾਮ ਨੂੰ ਨਕੋਦਰ ਵਿਖੇ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਡ੍ਰੋਨ ਸ਼ੋਅ ਕਰਵਾਇਆ ਗਿਆ। 

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਗਏ ਡ੍ਰੋਨ ਸ਼ੋਅ ਦੌਰਾਨ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸ਼ਿਰਕਤ ਕੀਤੀ ਗਈ।

ਡ੍ਰੋਨ ਸ਼ੋਅ ਵਿੱਚ ਸ਼ਾਮਲ ਵੱਡੀ ਗਿਣਤੀ ਸੰਗਤ ਨੂੰ ਆਧੁਨਿਕ ਤਕਨੀਕ, ਅਧਿਆਤਮਕਤਾ ਅਤੇ ਬਿਰਤਾਂਤ ਵਰਣਨ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ। ਸ਼ੋਅ ਦੌਰਾਨ 500 ਡ੍ਰੋਨਾਂ ਰਾਹੀਂ ਆਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖਤਾ ਅਤੇ ਆਪਸੀ ਸਾਂਝ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਆਪਣੀ ਅਮੀਰ ਸਮਾਜਿਕ ਤੇ ਅਧਿਆਤਮਕ ਵਿਰਾਸਤ ਨਾਲ ਜੋੜਨ ਲਈ ਇਹ ਵਿਲੱਖਣ ਪਹਿਲਕਦਮੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਜਿਥੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਉਥੇ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ ਤੇ ਦਰਸ਼ਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਗੁਰੂ ਜੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਵੈਨਾਂ, ਮੈਰਾਥਨ ਅਤੇ ਹੋਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜੋ ਕਿ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਰਕਬੇ ਵਿੱਚ ਵਿਕਸਿਤ ਕੀਤਾ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਇਹ ਜ਼ਿਲ੍ਹੇ ਦਾ ਪਹਿਲਾ ਸ਼ੋਅ ਹੈ, ਜੋ ਕਿ ਨਕੋਦਰ ਵਿਖੇ ਕਰਵਾਇਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਵੀ ਅਜਿਹੇ ਡ੍ਰੋਨ ਸ਼ੋਅ ਕਰਵਾਏ ਜਾਣਗੇ।

ਡਰੋਨ ਸ਼ੋਅ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਵੱਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਨਾਲ ਸੰਗਤ ਨੂੰ ਜੋੜਿਆ ਗਿਆ।

ਜ਼ਿਕਰਯੋਗ ਹੈ ਕਿ 8 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ, ਜਲੰਧਰ, 9 ਸਤੰਬਰ ਨੂੰ ਸ਼ਾਹਕੋਟ, 10 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿਖੇ ਡ੍ਰੋਨ ਸ਼ੋਅ ਕਰਵਾਏ ਜਾਣਗੇ।

ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ, ਪ੍ਰਧਾਨ ਨਗਰ ਕੌਂਸਲ ਪ੍ਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਜਸਵੀਰ ਸਿੰਘ ਧੰਜਲ, ਚੇਅਰਮੈਨ ਮਾਰਕੀਟ ਕਮੇਟੀ ਬਿਲਗਾ ਜਸਵੀਰ ਸਿੰਘ ਸੰਗੋਵਾਲ, ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ ਲਖਵੀਰ ਸਿੰਘ, ਐਸ.ਡੀ.ਐਮ. ਨਕੋਦਰ ਸਿਮਰਨਜੀਤ ਸਿੰਘ, ਡੀ.ਐਸ.ਪੀ. ਸਰਵਣ ਸਿੰਘ ਬੱਲ, ਬੀ.ਡੀ.ਪੀ.ਓ. ਅਭੈ ਚੰਦਰ ਤੋਂ ਇਲਾਵਾ ਕੌਂਸਲਰ, ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚਾਂ-ਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।


Previous Post Next Post

نموذج الاتصال